ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ 7 ਮਾਰਚ ਬਾਅਦ ਦੁਪਹਿਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਹੋ ਰਹੀ ਹੈ। ਇਸ ਬੈਠਕ ‘ਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਰੀਕਾਂ ‘ਤੇ ਚਰਚਾ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਪ੍ਰਸਤਾਵ ਮੁਤਾਬਕ 19 ਮਾਰਚ ਨੂੰ ਸੈਸ਼ਨ ਸ਼ੁਰੂ ਕਰਕੇ ਇਸ ਨੂੰ 2 ਹਫਤਿਆਂ ‘ਚ ਖਤਮ ਕੀਤਾ ਜਾਵੇਗਾ।

ਇਸ ਤਰ੍ਹਾਂ ਛੁੱਟੀਆਂ ਨੂੰ ਛੱਡ ਕੇ ਸੈਸ਼ਨ ਦੀਆਂ 10 ਤੋਂ 12 ਬੈਠਕਾਂ ਹੋਣ ਦੀ ਸੰਭਾਵਨਾ ਹੈ। ਕੈਬਨਿਟ ਦੀ ਬੈਠਕ ‘ਚ ਇਸ ਤੋਂ ਇਲਾਵਾ ਕੈਪਟਨ ਸਰਕਾਰ ਦੇ 16 ਮਾਰਚ ਨੂੰ ਇਕ ਸਾਲ ਪੂਰਾ ਹੋਣ ਸਬੰਧੀ ਆਯੋਜਿਤ ਕੀਤੇ ਜਾਣ ਵਾਲੇ ਵਿਸ਼ੇਸ਼ ਪ੍ਰੋਗਰਾਮ ਅਤੇ ਇਸ ਦਾ ਸਥਾਨ ਤੈਅ ਕਰਨ ਲਈ ਵੀ ਚਰਚਾ ਹੋਵੇਗੀ। ਇਸ ਮੀਟਿੰਗ ‘ਚ ਰੈਗੂਲੇਟਰੀ ਅਥਾਰਟੀ ਕਾਇਮ ਕਰਨ, ਨਵੀਂ ਟਰਾਂਸਪੋਰਟ ਨੀਤੀ, ਆਬਕਾਰੀ ਨੀਤੀ ਅਤੇ ਸਿੱਖਿਆ ਵਿਭਾਗ ਦੇ ਤਿੰਨ ਮਤਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਨਾਲ ਬਜਟ ਬਾਰੇ ਸਲਾਹ-ਮਸ਼ਵਰਾ ਕਰਨਗੇ।