ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਸੰਗਰੂਰ ਵਾਸੀਆਂ ਨੇ ਨਸ਼ੇ ਖਿਲਾਫ਼ ਲਿਆ ਪ੍ਰਣ

* ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ‘ਚ ਹਰੇਕ ਨਾਗਰਿਕ ਆਪਣਾ ਮਹੱਤਵਪੂਰਨ ਯੋਗਦਾਨ ਪਾਵੇ: ਵਿਧਾਇਕ ਵਿਜੇਇੰਦਰ ਸਿੰਗਲਾ
* ਡੇਪੋ ਵਲੰਟੀਅਰ ਤਨਦੇਹੀ ਨਾਲ ਲੋਕ ਸੇਵਾ ‘ਚ ਹਿੱਸਾ ਪਾਉਣ: ਡਿਪਟੀ ਕਮਿਸ਼ਨਰ
* ਜ਼ਿਲ੍ਹੇ ‘ਚੋਂ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਸਫ਼ਾਇਆ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ: ਐਸ.ਐਸ.ਪੀ

ਸੰਗਰੂਰ, 23 ਮਾਰਚ ( ਬੇਅੰਤ ਬਾਜਵਾ)-ਦੇਸ਼ ਦੇ ਮਹਾਨ ਸੂਰਵੀਰਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਨੌਜਵਾਨ ਸਸ਼ਕਤੀਕਰਨ ਦਿਵਸ ਦੇ ਤੌਰ ‘ਤੇ ਮਨਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨਸ਼ੇ ਨੂੰ ਜੜੋਂ ਖਤਮ ਕਰਨ ਦੇ ਮੰਤਵ ਤਹਿਤ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਡਰੱਗ ਅਬਿਊਜ਼ ਪ੍ਰੀਵਜੈਨਸ਼ਨ ਅਫ਼ਸਰਾਂ ਲਈ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਡੇਪੋ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤੌਰ ‘ਤੇ ਵਿਧਾਇਕ ਸੰਗਰੂਰ ਸ੍ਰੀ ਵਿਜੈਇੰਦਰ ਸਿੰਗਲਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਵੀ ਵਿਸ਼ੇਸ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਟਕੜ ਕਲਾਂ ਤੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਵਾਸੀਆਂ ਨੂੰ ਸਿੱਧੇ ਪ੍ਰਸਾਰਣ ਰਾਹੀਂ ਸਹੁੰ ਚੁਕਾਈ।

ਸਮਾਗਮ ਦੌਰਾਨ ਸ੍ਰੀ ਸਿੰਗਲਾ ਨੇ ਸਮਾਗਮ ‘ਚ ਪਹੁੰਚੇ ਸਕੂਲ, ਕਾਲਜਾਂ ਦੇ ਵਿਦਿਆਰਥੀਆਂ, ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਡੇਪੋ ਵਲੰਟੀਅਰਾਂ ਨੂੰ ਨਸ਼ਿਆਂ ਰਹਿਤ ਜਿੰਦਗੀ ਜਿਊਣ ਅਤੇ ਆਪਣੇ ਆਲੇ-ਦੁਆਲੇ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪ੍ਰਣ ਦਿਵਾਇਆ। ਸ੍ਰੀ ਸਿੰਗਲਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਇਕ ਸਾਲ ਤੋਂ ਰਾਜ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਚੁੱਕਿਆ ਹੈੇ, ਇਸਦੇ ਲਈ ਸਾਨੂੰ ਸਾਰਿਆਂ ਨੂੰ ਆਪਣੇ ਗਲੀ, ਮੁਹੱਲੇ, ਘਰਾਂ, ਆਲੇ-ਦੁਆਲੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਪੂਰੀ ਇਮਾਨਦਾਰੀ, ਸੱਚਾਈ ਅਤੇ ਮਿਹਨਤ ਨਾਲ ਇਸ ਮੁਹਿੰਮ ਵਿੱਚ ਹਿੱਸਾ ਪਾਉਣਾ ਚਾਹੀਦਾ ਹੈ।

ਸ੍ਰੀ ਸਿੰਗਲਾ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਰਾਜ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਦਾ ਜੋ ਅਗਾਜ਼ ਅੱਜ ਕੀਤਾ ਹੈ, ਉਸਦੇ ਲਈ ਸਮੁਚੇ ਪੰਜਾਬੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਵਾਜ਼ ਬਣ ਕੇ ਹੰਭਲਾ ਮਾਰਨਾ ਚਾਹੀਦਾ ਹੈ, ਤਾਂ ਜੋ ਪੂਰੇ ਦੇਸ਼ ਅੰਦਰ ਪੰਜਾਬ ਨਸ਼ਾ ਮੁਕਤ ਸਮਾਜ ਸਿਰਜਣ ਵਿੱਚ ਨੰਬਰ ਇਕ ਹੋਵੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਹਾੜੇ ‘ਤੇ ਸਾਡੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖ ਕੇ ਨਸ਼ਿਆਂ ਤੋਂ ਰਹਿਤ ਸਮਾਜ ਸਿਰਜਣ ਦਾ ਲਿਆ ਪ੍ਰਣ ਅਜਾਈਂ ਨਹੀ ਜਾਣਾ ਚਾਹੀਦਾ ਅਤੇ ਸਾਨੂੰ ਆਪਣੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਪ੍ਰਤੀ ਆਪਣੀ ਨਵੀ ਪਨੀਰੀ ਨੂੰ ਸੇਧ ਦੇਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅੱਤਵਾਦ ਦੇ ਮਾੜੇ ਸਮੇਂ ਨੂੰ ਹੰਢਾਇਆ ਹੈ ਅਤੇ ਪੂਰੀ ਹਿੰਮਤ ਨਾਲ ਇਸਦਾ ਮੁਕਾਬਲਾ ਵੀ ਕੀਤਾ ਅਤੇ ਹੁਣ ਪੰਜਾਬੀਆਂ ਸਾਹਮਣੇ ਨਸ਼ਿਆਂ ਵਰਗੀ ਚੁਣੋਤੀ ਕੋਈ ਵੱਡੀ ਗੱਲ ਨਹੀ ਹੈ ਇਸ ਲਈ ਸਾਨੂੰ ਅੱਜ ਦੇ ਪ੍ਰਣ ਨੂੰ ਪੂਰੀ ਇਮਾਨਦਾਰੀ ਨਾਲ ਮੁਹਿੰਮ ਬਣਾ ਕੇ ਆਪਣੇ ਆਲੇ-ਦੁਆਲੇ ਨੂੰ ਨਸ਼ਿਆਂ ਦੀ ਬਿਮਾਰੀ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਖੁਦ ਅਜਿਹੀ ਬਿਮਾਰੀ ਤੋਂ ਦੂਰ ਰਹਿ ਕੇ ਨਿਰੋਗ ਜਿੰਦਗੀ ਜਿਊਣੀ ਚਾਹੀਦੀ ਹੈ।

ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਸੰਬੋਧਨ ਕਰਦਿਆਂ ਸਮੂਹ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਨਸ਼ਿਆ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਡੇਪੋ ਵਲੰਟੀਅਰ ਦਾ ਇਹ ਮਤਲਬ ਨਹੀ ਕਿ ਉਸਨੇ ਕਿਧਰੇ ਹੋਰ ਥਾਂ ਅਲਗ ਤੋਂ ਕੰਮ ਕਰਨਾ ਹੈ ਬਲਕਿ ਤੁਸੀ ਆਪਣੇ ਪਰਿਵਾਰ ਦੀ ਜਿੰਮੇਵਾਰੀ ਲੈ ਲਓ ਇਹੀ ਬਹੁਤ ਵੱਡੀ ਗੱਲ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹਾ, ਤਹਿਸੀਲ ਪੱਧਰ ‘ਤੇ ਅੱਜ ਦੇ ਅਹਿਮ ਦਿਨ ਇਹ ਮੁਹਿੰਮ ਵਿੱਢੀ ਗਈ ਹੈ ਜਿਸਦੇ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਕੰਮ ‘ਤੇ ਸਫ਼ਲਤਾ ਪਾਉਣ ਲਈ ਸਾਡੀ ਨੀਅਤ ਅਤੇ ਨੀਤੀ ਸਪੱਸ਼ਟ ਹੋਣੀ ਚਾਹੀਦੀ ਹੈ, ਅਜਿਹਾ ਤਾਂ ਹੀ ਸੰਭਵ ਹੋਵੇਗਾ ਜੇਕਰ ਅਸੀ ਸਾਰੇ ਨਸ਼ਿਆ ਦੇ ਕੋਹੜ ਨੂੰ ਜ਼ਿਲ੍ਹੇ ਅੰਦਰ ਖਤਮ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਕਰਾਂਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਜਾਂ ਅਜਿਹੇ ਹੀ ਹੋਰ ਸਮਾਨ ਰਾਹੀਂ ਲੋਕਾਂ ਦੀ ਜਾਨ ਮਾਲ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਗੈਰ ਸਮਾਜਿਕ ਅਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ।

ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਜ਼ਿਲ੍ਹੇ ਨੂੰ ਨਸ਼ਾ ਰਹਿਤ ਕਰਨ ਲਈ ਸਾਨੂੰ ਖੁਦ ਅੱਗੇ ਆਉਣਾ ਪਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ (ਜ) ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਵਿਨੀਤ ਕੁਮਾਰ, ਸਮਾਜ ਸੇਵਕ ਚਰਨਜੀਤ ਸਿੰਘ ਉਡਾਰੀ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ, ਸਮਾਜ ਸੇਵਕ, ਡੇਪੋ ਵਲੰਟੀਅਰ ਵੀ ਹਾਜ਼ਰ ਸਨ