ਖਨਨ ਮਾਮਲੇ ‘ਤੇ ਮੁੱਖ ਮੰਤਰੀ ਨੂੰ 15 ਦਿਨਾਂ ‘ਚ ਰਿਪੋਰਟ ਸੌਂਪੇਗੀ ਕਮੇਟੀ : ਨਵਜੋਤ ਸਿੱਧੂ

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚ ਗੈਰ-ਕਾਨੂੰਨੀ ਖਨਨ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਲੋੜੀਂਦੀ ਨੀਤੀ ਬਣਾ ਰਹੀ ਹੈ ਜਿਸ ਨਾਲ ਪੁਰਾਣੀ ਨੀਤੀ ਦੀਆਂ ਖਾਮੀਆਂ ਨੂੰ ਦੂਰ ਕੀਤਾ ਜਾ ਸਕੇਗਾ। ਇਸ ਸਬੰਧੀ ਖਨਨ ਬਾਰੇ ਕੈਬਨਿਟ ਸਬ-ਕਮੇਟੀ ਆਪਣੀ ਰਿਪੋਰਟ 15 ਦਿਨਾਂ ਅੰਦਰ ਕੈਬਨਿਟ ਨੂੰ ਸੌਂਪੇਗੀ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਤੇ ਖਨਨ ਬਾਰੇ ਬਣੀ ਕੈਬਨਿਟ ਸਬ-ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਇਥੇ ਕਮੇਟੀ ਅਤੇ ਖਨਨ ਨਾਲ ਜੁੜੀਆਂ ਸਬੰਧਤ ਸਰਕਾਰੀ ਅਤੇ ਪ੍ਰਾਈਵੇਟ ਧਿਰਾਂ ਨਾਲ ਮੀਟਿੰਗ ਉਪਰੰਤ ਕੀਤਾ। ਇਸ ਮੌਕੇ ਕਮੇਟੀ ਦੇ ਮੈਂਬਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ।

ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਕ ਮਹੀਨੇ ਅੰਦਰ ਸਬ-ਕਮੇਟੀ ਤੋਂ ਰਿਪੋਰਟ ਮੰਗੀ ਗਈ ਸੀ ਅਤੇ ਉਨ੍ਹਾਂ ਦੀ ਕਮੇਟੀ ਇਸ ਉੱਪਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਨਵੀਂ ਨੀਤੀ ਬਣਾਉਣ ਲਈ 15 ਦਿਨਾਂ ਅੰਦਰ ਰਿਪੋਰਟ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਦੀ ਗੱਲਬਾਤ ਸੁਣ ਕੇ ਨਵੀਂ ਨੀਤੀ ਨੂੰ ਬਣਾਉਂਦਿਆਂ ਸਾਰੇ ਸੁਝਾਵਾਂ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਵੀਂ ਨੀਤੀ ਭਾਰਤ ਸਰਕਾਰ ਵੱਲੋਂ ਰੇਤ ਖਨਨ ਬਾਰੇ ਮਾਰਚ ਵਿਚ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਤਿਆਰ ਕੀਤੀ ਜਾ ਰਹੀ ਹੈ ਜਿਸ ਨੂੰ ਅੰਤਿਮ ਛੋਹ ਦੇਣ ਤੋਂ ਪਹਿਲਾਂ ਉਹ ਖੁਦ ਇਸ ਸਬੰਧੀ ਸੋਮਵਾਰ ਨੂੰ ਭਾਰਤ ਸਰਕਾਰ ਦੇ ਖਨਨ ਮੰਤਰਾਲੇ ਦੇ ਅਧਿਕਾਰੀਆਂ ਨੂੰ ਮਿਲਣ ਜਾ ਰਹੇ ਹਨ ਅਤੇ ਮੰਗਲਵਾਰ ਨੂੰ ਕੈਬਨਿਟ ਸਬ-ਕਮੇਟੀ ਦੀ ਦੋਬਾਰਾ ਮੀਟਿੰਗ ਹੋਵੇਗੀ।